BREAKINGDOABAJALANDHARPUNJAB

🔰ਜਸਪ੍ਰੀਤ ਸਿੰਘ ਨੇ ਜਲੰਧਰ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ, ਕਿਹਾ ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ ਮੁਕਤ ਜਵਾਬਦੇਹ ਪ੍ਰਸ਼ਾਸਨ ਮੁੱਖ ਤਰਜ਼ੀਹਾਂ
🔰ਜ਼ਿਲ੍ਹਾ ਅਧਿਕਾਰੀਆਂ ਨਾਲ ਪਹਿਲੀ ਮੀਟਿੰਗ ’ਚ ਲੋਕ ਭਲਾਈ ਸਕੀਮਾਂ ਨੂੰ ਜ਼ਮੀਨੀ ਪੱਧਰ ਤੱਕ ਲਾਗੂ ਕਰਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼, ਵਿਕਾਸ ਕਾਰਜਾਂ ਦੀ ਕੀਤੀ ਸਮੀਖਿਆ

ਜਲੰਧਰ (ਹਿਤੇਸ਼ ਸੂਰੀ) : 2014 ਬੈਚ ਦੇ ਆਈ.ਏ.ਐਸ. ਅਧਿਕਾਰੀ ਜਸਪ੍ਰੀਤ ਸਿੰਘ ਵੱਲੋਂ ਅੱਜ ਜਲੰਧਰ ਜ਼ਿਲ੍ਹੇ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲ ਲਿਆ ਗਿਆ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸ਼੍ਰੀ ਸਿੰਘ ਬਤੌਰ ਮਾਨਸਾ ਦੇ ਡਿਪਟੀ ਕਮਿਸ਼ਨਰ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਜਲੰਧਰ ਵਜੋਂ ਸੇਵਾਵਾਂ ਨਿਭਾਅ ਚੁੱਕੇ ਹਨ। ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਦਾ ਸਵੇਰੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪਹੁੰਚਣ ’ਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਿੰਦਰਪਾਲ ਸਿੰਘ ਬਾਜਵਾ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੇਜਰ ਅਮਿਤ ਸਰੀਨ ਅਤੇ ਹੋਰ ਅਧਿਕਾਰੀਆਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ . ਫਿਰ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਉਨ੍ਹਾਂ ਨੂੰ ਗਾਰਡ ਆਫ ਆਨਰ ਦਿੱਤਾ ਗਿਆ। ਅਹੁਦਾ ਸੰਭਾਲਣ ਉਪਰੰਤ ਨਵੇਂ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਕਿਹਾ ਕਿ ਪਾਰਦਰਸ਼ੀ, ਭ੍ਰਿਸ਼ਟਾਚਾਰ ਮੁਕਤ ਅਤੇ ਜਵਾਬਦੇਹ ਪ੍ਰਸ਼ਾਸਨ ਦੇਣਾ ਉਨ੍ਹਾਂ ਦੀਆਂ ਮੁੱਖ ਤਰਜ਼ੀਹਾਂ ਹੋਣਗੀਆਂ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਨਾਲ ਸਬੰਧਿਤ ਪ੍ਰਾਜੈਕਟਾਂ, ਪੇਂਡੂ ਵਿਕਾਸ, ਵੱਧ ਤੋਂ ਵੱਧ ਬੂਟੇ ਲਗਾਕੇ ਹਰਿਆਲੀ ਦੇ ਘੇਰੇ ਨੂੰ ਵਧਾਉਣ ਦੇ ਨਾਲ-ਨਾਲ ਸੇਵਾ ਕੇਂਦਰਾਂ ਰਾਹੀਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਵਿੱਚ ਨਵੀਆਂ ਸ਼ਾਮਿਲ ਹੋਈਆਂ ਸੇਵਾਵਾਂ ਜਿਵੇਂ ਕਿ ਪਾਸਪੋਰਟ ਨਾਲ ਸਬੰਧਿਤ ਸੇਵਾਵਾਂ ਆਦਿ ਬਾਰੇ ਲੋਕਾਂ ਨੂੰ ਵੱਧ ਤੋਂ ਵੱਧ ਜਾਣੂੰ ਕਰਵਾਉਣ ਅਤੇ ਜ਼ੀਰੋ ਪੈਂਡੇਸੀ ਨੂੰ ਕਾਇਮ ਰੱਖਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ . ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਪਹਿਲੀ ਬੈਠਕ ਦੀ ਪ੍ਰਧਾਨਗੀ ਕਰਦਿਆਂ ਹੋਏ ਸ਼੍ਰੀ ਜਸਪ੍ਰੀਤ ਸਿੰਘ ਨੇ ਅਧਿਕਾਰੀਆਂ ਨੂੰ ਲੋਕ ਭਲਾਈ ਸਕੀਮਾਂ ਨੂੰ ਜ਼ਮੀਨੀ ਪੱਧਰ ਤੱਕ ਲਾਗੂ ਕਰਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ . ਉਹਨਾਂ ਨੇ ਅਧਿਕਾਰੀਆਂ ਨੂੰ ਦਫ਼ਤਰ ਸਮੇਂ ਸਿਰ ਪਹੁੰਚਣਾ ਯਕੀਨੀ ਬਣਾਉਣ ਅਤੇ ਪਬਲਿਕ ਡੀਲਿੰਗ ਲਈ ਸਮਾਂ ਨਿਸ਼ਚਿਤ ਕਰਨ ਦੀਆਂ ਹਦਾਇਤਾਂ ਵੀ ਦਿੱਤੀਆਂ ਤਾਂ ਜੋ ਸਰਕਾਰੀ ਦਫ਼ਤਰਾਂ ਵਿੱਚ ਆਪਣੇ ਕੰਮ ਕਰਵਾਉਣ ਲਈ ਆਉਣ ਵਾਲੇ ਲੋਕਾਂ ਨੂੰ ਕਿਸੇ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਤੇ ਡਿਪਟੀ ਕਮਿਸ਼ਨਰ ਜਸਪ੍ਰੀਤ ਨੇ ਕਿਹਾ ਕਿ ਸਬੰਧਿਤ ਵਿਭਾਗਾਂ ਨਾਲ ਲੋੜੀਂਦਾ ਵਿਚਾਰ ਕਰਨ ਉਪਰੰਤ ਰਜਿਸਟਰੀਆਂ ਲਈ ਪੂਰੀ ਤਰ੍ਹਾਂ ਮੁਕੰਮਲ ਕੇਸਾਂ ਵਿੱਚ ਐਨ.ਓ.ਸੀ. ਜਾਰੀ ਕਰਨ ਨੂੰ ਸਮਾਂਬੱਧ ਕੀਤਾ ਜਾਵੇਗਾ। ਸ਼੍ਰੀ ਸਿੰਘ ਨੇ ਦੱਸਿਆ ਕਿ ਆਪਸੀ ਤਾਲਮੇਲ ਰਾਹੀਂ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਜਨਤਕ ਹਿੱਤਾਂ ਦੇ ਮੱਦੇਨਜ਼ਰ ਨਾਜਾਇਜ਼ ਕਬਜ਼ਿਆਂ ਵਿਰੁੱਧ ਮੁਹਿੰਮ ਵੀ ਛੇੜੀ ਜਾਵੇਗੀ। ਬੈਠਕ ਵਿਚ ਪੀ.ਏ.ਪੀ.ਚੌਕ ਨੇੜੇ ਆਵਾਜਾਈ ਨੂੰ ਹੋਰ ਸੁਖਾਲਾ ਕਰਨ ਲਈ ਬੀ.ਐਸ.ਐਫ.ਚੌਕ ਵਾਲੇ ਪਾਸਿਓਂ ਪੀ.ਏ.ਪੀ. ਵਾਲੀ ਸੜਕ ’ਤੇ ਅੰਮ੍ਰਿਤਸਰ ਵਾਲੇ ਪਾਸੇ ਨੂੰ ਫਲਾਈ ਓਵਰ ਬਣਾਉਣ ਸਬੰਧੀ ਡੀ.ਸੀ ਜਲੰਧਰ ਨੇ ਸਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਸ ਕਾਰਜ ਵਿੱਚ ਪੂਰੀ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਲੋੜੀਂਦੀ ਕਾਰਵਾਈ ਉਪਰੰਤ ਜਲਦ ਤੋਂ ਜਲਦ ਇਸ ਪ੍ਰਾਜੈਕਟ ਦੀ ਸ਼ੁਰੂਆਤ ਹੋ ਸਕੇ। ਉਹਨਾਂ ਨੇ ਕਿਹਾ ਕਿ ਸੜਕੀ ਪ੍ਰਾਜੈਕਟਾਂ ਸਬੰਧੀ ਪਹਿਲਾਂ ਵਾਂਗ ਹੀ ਨੈਸ਼ਨਲ ਹਾਈਵੇਜ਼ ਅਥਾਰਟੀ ਆਫ਼ ਇੰਡੀਆ ਨਾਲ ਇਹ ਪ੍ਰਾਜੈਕਟ ਵਿਚਾਰ ਕੇ ਲੋੜੀਂਦੀ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਜਾਵੇਗਾ। ਜ਼ਿਲ੍ਹੇ ਵਿੱਚ ਹਰਿਆਵਲ ਦੇ ਘੇਰੇ ਨੂੰ ਵਧਾਉਣ ਸਬੰਧੀ ਸ਼੍ਰੀ ਸਿੰਘ ਨੇ ਕਿਹਾ ਕਿ ਵੱਖ-ਵੱਖ ਖੇਤਰਾਂ ਵਿੱਚ ਵੱਧ ਤੋਂ ਵੱਧ ਬੂਟੇ ਲਾਏ ਜਾਣਗੇ ਤਾਂ ਜੋ ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਵਾਤਾਵਰਣ ਲੋਕਾਂ ਲਈ ਯਕੀਨੀ ਬਣਾਇਆ ਜਾ ਸਕੇ। ਬੈਠਕ ਵਿੱਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਿੰਦਰਪਾਲ ਸਿੰਘ ਬਾਜਵਾ, ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਅਮਿਤ ਸਰੀਨ, ਐਸ.ਡੀ.ਐਮ. ਬਲਬੀਰ ਰਾਜ ਸਿੰਘ, ਰਣਦੀਪ ਸਿੰਘ ਹੀਰ, ਏ.ਸੀ.ਏ. ਜਲੰਧਰ ਵਿਕਾਸ ਅਥਾਰਟੀ ਜਸਬੀਰ ਸਿੰਘ, ਸਕੱਤਰ ਆਰ.ਈ.ਏ. ਰਜਤ ਓਬਰਾਏ, ਸਹਾਇਕ ਕਮਿਸ਼ਨਰ ਹਰਜਿੰਦਰ ਸਿੰਘ ਜੱਸਲ, ਜ਼ਿਲ੍ਹਾ ਮਾਲ ਅਫ਼ਸਰ ਜਸ਼ਨਜੀਤ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਇਕਬਾਲਜੀਤ ਸਿੰਘ, ਜ਼ਿਲ੍ਹਾ ਭਲਾਈ ਅਫ਼ਸਰ ਲਖਵਿੰਦਰ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

Related Articles

Leave a Reply

Your email address will not be published. Required fields are marked *

Back to top button
error: Content is protected !!