BREAKINGCHANDIGARHDOABAMAJHAMALWAPUNJAB

🔰 ਲੰਬੀ ਲਾਠੀਚਾਰਜ ਸੰਬੰਧੀ ਮੰਗਾਂ ਦੇ ਹੱਲ ਲਈ CM ਨੇ ਕਿਸਾਨ ਮਜ਼ਦੂਰ ਆਗੂਆਂ ਨਾਲ 5 ਅਪ੍ਰੈਲ ਨੂੰ ਸੱਦੀ ਮੀਟਿੰਗ!!
🔰 DC ਸ੍ਰੀ ਮੁਕਤਸਰ ਸਾਹਿਬ ਅਤੇ DSP ਮਲੋਟ ਖਿਲਾਫ ਸਖਤ ਕਾਨੂੰਨੀ ਤੇ ਵਿਭਾਗੀ ਕਾਰਵਾਈ ਦੀ ਕੀਤੀ ਜਾਵੇਗੀ ਮੰਗ: ਕਿਸਾਨ ਆਗੂ

ਚੰਡੀਗੜ੍ਹ (ਨਿਉਜ ਲਿੰਕਰਸ) : ਗੁਲਾਬੀ ਸੁੰਡੀ ਕਾਰਨ ਨਰਮੇ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਲੈਣ ਲਈ ਸੰਘਰਸ਼ ਕਰਦੇ ਕਿਸਾਨਾਂ ਤੇ ਖੇਤ ਮਜ਼ਦੂਰਾਂ ਉੱਤੇ ਬੀਤੇ ਦਿਨੀਂ ਲੰਬੀ ਵਿਖੇ ਕੀਤੇ ਗਏ ਲਾਠੀਚਾਰਜ ਉਪਰੰਤ ਡਿਪਟੀ ਕਮਿਸ਼ਨਰ ਤੇ ਡੀ ਐਸ ਪੀ ‘ਤੇ ਕਾਨੂੰਨੀ/ਵਿਭਾਗੀ ਕਾਰਵਾਈ ਸਮੇਤ ਹੋਰ ਮੰਗਾਂ ਨੂੰ ਲੈਕੇ ਸੰਘਰਸ਼ ਦੇ ਰਾਹ ਪਈਆਂ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾਈ ਆਗੂਆਂ ਨਾਲ਼ ਮਸਲੇ ਦੇ ਹੱਲ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 5 ਅਪ੍ਰੈਲ ਨੂੰ ਚੰਡੀਗੜ੍ਹ ਵਿਖੇ ਆਪਣੀ ਰਿਹਾਇਸ਼ ‘ਤੇ ਬਾਅਦ ਦੁਪਹਿਰ 2 ਵਜੇ ਮੀਟਿੰਗ ਕੀਤੀ ਜਾਵੇਗੀ।ਇਹ ਜਾਣਕਾਰੀ ਦੋਹਾਂ ਜਥੇਬੰਦੀਆਂ ਦੇ ਜਨਰਲ ਸਕੱਤਰਾਂ ਸੁਖਦੇਵ ਸਿੰਘ ਕੋਕਰੀ ਕਲਾਂ ਤੇ ਲਛਮਣ ਸਿੰਘ ਸੇਵੇਵਾਲਾ ਵੱਲੋਂ ਜਾਰੀ ਕੀਤੇ ਬਿਆਨ ਰਾਹੀਂ ਦਿੱਤੀ ਗਈ। ਉਹਨਾਂ ਦੱਸਿਆ ਕਿ ਉਹਨਾਂ ਦੀਆਂ ਜਥੇਬੰਦੀਆਂ ਨੂੰ ਮੀਟਿੰਗ ਸਬੰਧੀ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਡਾਇਰੈਕਟਰ ਵੱਲੋਂ ਲਿਖਤੀ ਪੱਤਰ ਨੰ: ਵ.ਸ.1/ 1103-04 ਮਿਤੀ 04-04-2022 ਰਾਹੀਂ ਮੀਟਿੰਗ ਦਾ ਸੱਦਾ ਦਿੱਤਾ ਗਿਆ ਹੈ। ਉਹਨਾਂ ਦੱਸਿਆ ਕਿ ਲੰਬੀ ਲਾਠੀਚਾਰਜ ਤੋਂ ਬਾਅਦ ਲੰਬੀ ਹਲਕੇ ਦੇ ਵਿਧਾਇਕ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਵੀ ਕਿਸਾਨ ਮਜ਼ਦੂਰ ਆਗੂਆਂ ਨਾਲ ਮੀਟਿੰਗ ਕੀਤੀ ਗਈ ਸੀ ਅਤੇ ਮੁੱਖ ਮੰਤਰੀ ਨਾਲ਼ ਮੀਟਿੰਗ ਕਰਵਾਕੇ ਮਸਲੇ ਦਾ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ ਸੀ। ਉਹਨਾਂ ਆਖਿਆ ਕਿ ਮੁੱਖ ਮੰਤਰੀ ਨਾਲ਼ ਮੀਟਿੰਗ ਦੌਰਾਨ ਮੰਗ ਕੀਤੀ ਜਾਵੇਗੀ ਕਿ ਨਰਮਾ ਖਰਾਬੇ ਦਾ ਤਹਿਸ਼ੁਦਾ ਮੁਆਵਜ਼ਾ ਮਜ਼ਦੂਰਾਂ ਕਿਸਾਨਾਂ ਨੂੰ ਦੇਣ ਲਈ ਪਹਿਲਾਂ ਖ਼ਰਾਬ ਹੋਏ ਨਰਮੇ ਦੀ ਗਿਰਦਾਵਰੀ ਜਾਣਬੁੱਝ ਕੇ ਸਹੀ ਤਰ੍ਹਾਂ ਨਾ ਕਰਨ, ਫਿਰ ਸੰਘਰਸ਼ ਕਰਦੇ ਕਿਸਾਨਾਂ ਮਜ਼ਦੂਰਾਂ ਦੀ ਕੋਈ ਸੁਣਵਾਈ ਨਾ ਕਰਨ ਅਤੇ ਇਸ ਤੋਂ ਵੀ ਅੱਗੇ ਕਿਸਾਨਾਂ ਮਜ਼ਦੂਰਾਂ ਉਤੇ ਲਾਠੀਚਾਰਜ ਕਰਾਉਣ ਦੇ ਦੋਸ਼ੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਅਤੇ ਡੀ ਐਸ ਪੀ ਮਲੋਟ ਖਿਲਾਫ ਸਖਤ ਕਾਨੂੰਨੀ ਤੇ ਵਿਭਾਗੀ ਕਾਰਵਾਈ ਕੀਤੀ ਜਾਵੇ। ਮਜ਼ਦੂਰਾਂ ਕਿਸਾਨਾਂ ‘ਤੇ ਥਾਣਾ ਲੰਬੀ ਵਿਖੇ ਦਰਜ ਕੇਸ ਵਾਪਸ ਲਿਆ ਜਾਵੇ ਅਤੇ ਸਭਨਾਂ ਹੱਕਦਾਰ ਕਿਸਾਨਾਂ ਮਜ਼ਦੂਰਾਂ ਨੂੰ ਨਰਮਾ ਖਰਾਬੇ ਦਾ ਸਰਕਾਰ ਵੱਲੋਂ ਐਲਾਨਿਆ ਮੁਆਵਜ਼ਾ ਤੁਰੰਤ ਦਿੱਤਾ ਜਾਵੇ। ਉਹਨਾਂ ਮੁੱਖ ਮੰਤਰੀ ਵੱਲੋਂ ਇਹਨਾਂ ਹੱਕੀ ਮੰਗਾਂ ਦੇ ਤਸੱਲੀਬਖ਼ਸ਼ ਨਿਪਟਾਰੇ ਦੀ ਆਸ ਪ੍ਰਗਟਾਉਂਦਿਆਂ ਐਲਾਨ ਕੀਤਾ ਕਿ ਮੁਕਤਸਰ ਡੀ ਸੀ ਦਫ਼ਤਰ ਅੱਗੇ ਚੱਲ ਰਿਹਾ ਸੰਘਰਸ਼ ਮੰਗਾਂ ਦੀ ਪੂਰਤੀ ਤੱਕ ਜਾਰੀ ਰੱਖਿਆ ਜਾਵੇਗਾ।

Related Articles

Leave a Reply

Your email address will not be published. Required fields are marked *

Back to top button
error: Content is protected !!